ਚੰਡੀਗੜ੍ਹ, 02 ਨਵੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਕਪੂਰਥਲਾ (Kapurthala) ਦੇ ਭੁਲੱਥ ਇਲਾਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਅੱਜ ਵੀ ਅਦਾਲਤ ਤੋਂ ਰਾਹਤ ਨਹੀਂ ਮਿਲ ਸਕੀ,ਸੁਖਪਾਲ ਖਹਿਰਾ ਦੀ ਜ਼ਮਾਨਤ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਆਪਣਾ ਫੈਸਲਾ ਸੁਣਾਉਣ ਵਾਲਾ ਸੀ,ਪਰ ਸਰਕਾਰੀ ਵਕੀਲ ਨੇ ਅਦਾਲਤ ਤੋਂ ਇਹ ਕਹਿ ਕੇ ਕੁਝ ਸਮਾਂ ਮੰਗਿਆ ਕਿ ਜ਼ਰੂਰੀ ਤੇ ਅਹਿਮ ਦਸਤਾਵੇਜ਼ ਮਿਲ ਗਏ ਹਨ,ਇਸ ਤੋਂ ਬਾਅਦ ਮਾਣਯੋਗ ਅਦਾਲਤ ਨੇ 6 ਨਵੰਬਰ ਨੂੰ ਦਸਤਾਵੇਜ਼ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਨਜ਼ਦੀਕੀ ਜਸਮੀਤ ਸਿੰਘ ਨੇ ਦੱਸਿਆ ਕਿ ਸੁਖਪਾਲ ਖਹਿਰਾ ਦੇ ਵਕੀਲ,ਸੀਨੀਅਰ ਐਡਵੋਕੇਟ ਵਿਕਰਮ ਚੌਧਰੀ ਅਤੇ ਸਰਕਾਰੀ ਵਕੀਲ ਦਰਮਿਆਨ ਹੋਈ ਬਹਿਸ ਤੋਂ ਬਾਅਦ ਮਾਣਯੋਗ ਹਾਈਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ ਸੀ ਅਤੇ 2 ਨਵੰਬਰ ਨੂੰ ਆਪਣਾ ਫੈਸਲਾ ਸੁਣਾਉਣਾ ਸੀ,ਉਨ੍ਹਾਂ ਨੂੰ ਉਮੀਦ ਹੈ ਕਿ ਹੁਣ ਖਹਿਰਾ ਨੂੰ 6 ਨਵੰਬਰ ਨੂੰ ਰਾਹਤ ਮਿਲ ਜਾਵੇਗੀ।
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ 2015 ਦੇ ਇੱਕ ਪੁਰਾਣੇ ਐਨਡੀਪੀਐਸ ਮਾਮਲੇ (NDPS Matters) ਵਿੱਚ ਜਲਾਲਾਬਾਦ ਪੁਲਿਸ ਨੇ 28 ਸਤੰਬਰ ਨੂੰ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ,ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਸ ਗ੍ਰਿਫਤਾਰੀ ਨੂੰ ਬਦਲੇ ਦਾ ਹਮਲਾ ਦੱਸਿਆ ਸੀ,ਸੁਖਪਾਲ ਸਿੰਘ ਖਹਿਰਾ ਨੇ ਗ੍ਰਿਫਤਾਰੀ ਤੋਂ ਪਹਿਲਾਂ ਲਾਈਵ ਹੋ ਕੇ ਕਿਹਾ ਸੀ ਕਿ ਪੰਜਾਬ ‘ਚ ਜੰਗਲ ਰਾਜ ਅਤੇ ਬਦਲੇ ਦਾ ਰਾਜ ਚੱਲ ਰਿਹਾ ਹੈ,ਕਿਉਂਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਰਦਾ ਸੀ,ਇਸ ਲਈ ਮੇਰੇ ਖਿਲਾਫ ਇਹ ਕਾਰਵਾਈ ਕੀਤੀ ਗਈ ਹੈ।
ਦੱਸ ਦਈਏ ਕਿ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਜ਼ਮਾਨਤ ਲਈ ਮਾਣਯੋਗ ਅਦਾਲਤ ‘ਚ ਅਰਜ਼ੀ ਦਾਇਰ ਕੀਤੀ ਸੀ,ਜਿਸ ‘ਤੇ ਸੁਣਵਾਈ ਕਰਦਿਆਂ ਮਾਣਯੋਗ ਅਦਾਲਤ ਨੇ ਦੋਵਾਂ ਧਿਰਾਂ ਦੀ ਬਹਿਸ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਅਤੇ 2 ਨਵੰਬਰ ਦੀ ਤਰੀਕ ਦੇ ਦਿੱਤੀ,ਪਰ ਅੱਜ ਵੀ ਰਾਹਤ ਨਹੀਂ ਦਿੱਤੀ ਗਈ।