ਬਠਿੰਡਾ,27 ਅਕਤੂਬਰ, (ਹਰਪ੍ਰੀਤ ਸਿੰਘ ਜੱਸੋਵਾਲ):- ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ਵਿਚ ਸ਼ਾਮਲ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ (Former Finance Minister Manpreet Badal) ਨੂੰ ਵਿਜੀਲੈਂਸ (Vigilance) ਨੇ ਮੁੜ ਸੰਮਨ ਜਾਰੀ ਕੀਤੇ ਹਨ,ਵਿਜੀਲੈਂਸ ਨੇ ਮਨਪ੍ਰੀਤ ਬਾਦਲ ਨੂੰ 31 ਅਕਤੂਬਰ ਨੂੰ ਪੁਛਗਿਛ ਲਈ ਬੁਲਾਇਆ ਹੈ,ਮਨਪ੍ਰੀਤ ਬਾਦਲ ਇਸ ਧੋਖਾਧੜੀ ਦੇ ਮਾਮਲੇ ‘ਚ ਅੰਤਰਿਮ ਜ਼ਮਾਨਤ ‘ਤੇ ਹਨ,ਇਸ ਤੋਂ ਪਹਿਲਾਂ ਉਨ੍ਹਾਂ ਨੂੰ 23 ਅਕਤੂਬਰ ਨੂੰ ਬੁਲਾਇਆ ਗਿਆ ਸੀ ਪਰ ਉਹ ਪਿੱਠ ਦਰਦ ਕਾਰਨ ਪੇਸ਼ ਨਹੀਂ ਹੋਏ।
ਉਨ੍ਹਾਂ ਨੂੰ 23 ਅਕਤੂਬਰ ਨੂੰ ਸਵੇਰੇ 10.30 ਵਜੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ (Vigilance Bureau Range Bathinda) ਦੇ ਦਫ਼ਤਰ ਵਿਚ ਪੇਸ਼ੀ ਲਈ ਸੱਦਿਆ ਗਿਆ ਸੀ ਪਰ ਪਿੱਠ ਦੇ ਦਰਦ ਕਾਰਨ ਮਨਪ੍ਰੀਤ ਬਾਦਲ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋ ਸਕੇ,ਇਸ ਤੋਂ ਇਲਾਵਾ ਉਨ੍ਹਾਂ ਨੂੰ ਵਿਦੇਸ਼ ਜਾਣ ਤੋਂ ਰੋਕਣ ਲਈ ਅਪਣਾ ਪਾਸਪੋਰਟ ਵੀ ਸਰੰਡਰ ਕਰਨ ਲਈ ਕਿਹਾ ਗਿਆ, ਜੋ ਉਨ੍ਹਾਂ ਨੇ ਅਪਣੇ ਵਕੀਲ ਰਾਹੀਂ ਵਿਜੀਲੈਂਸ ਦਫ਼ਤਰ ਨੂੰ ਸੌਂਪ ਦਿਤਾ,ਵਿਜੀਲੈਂਸ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਭਾਵੇਂ ਅਦਾਲਤ ਵਲੋਂ ਜ਼ਮਾਨਤ ਦੇ ਦਿਤੀ ਗਈ ਹੈ ਪਰ ਇਸ ਮਾਮਲੇ ਵਿਚ ਕਈ ਅਹਿਮ ਤੱਥ ਸਾਹਮਣੇ ਆਏ ਹਨ,ਜਿਸ ਸਬੰਧੀ ਮਨਪ੍ਰੀਤ ਬਾਦਲ ਤੋਂ ਪੁਛਗਿਛ ਕਰਨਾ ਬਹੁਤ ਜ਼ਰੂਰੀ ਹੈ।
ਮਨਪ੍ਰੀਤ ਸਿੰਘ ਬਾਦਲ ਨੇ ਅਪਣੀ ਪਿੱਠ ਵਿਚ ਦਰਦ ਦਾ ਹਵਾਲਾ ਦਿੰਦੇ ਹੋਏ ਦਸ ਦਿਨਾਂ ਲਈ ਨਿੱਜੀ ਪੇਸ਼ੀ ਤੋਂ ਛੋਟ ਮੰਗੀ ਸੀ,ਇਸ ਦੇ ਲਈ ਪੀਜੀਆਈ ਦੇ ਡਾਕਟਰਾਂ ਵਲੋਂ ਇਕ ਹਫ਼ਤੇ ਦੇ ਆਰਾਮ ਦਾ ਸਰਟੀਫਿਕੇਟ ਵੀ ਸੌਂਪਿਆ ਗਿਆ,ਮਨਪ੍ਰੀਤ ਬਾਦਲ ਵਲੋਂ ਪੇਸ਼ ਹੋਏ ਐਡਵੋਕੇਟ ਸੁਖਦੀਪ ਸਿੰਘ ਭਿੰਡਰ ਸੋਮਵਾਰ ਨੂੰ ਬਠਿੰਡਾ ਵਿਜੀਲੈਂਸ ਬਿਊਰੋ (Bathinda Vigilance Bureau) ਦੇ ਦਫ਼ਤਰ ਵਿਚ ਪੇਸ਼ ਹੋਏ ਸਨ ਅਤੇ ਉਨ੍ਹਾਂ ਸਾਬਕਾ ਮੰਤਰੀ ਦਾ ਮੈਡੀਕਲ ਸਰਟੀਫਿਕੇਟ ਅਤੇ ਪਾਸਪੋਰਟ ਜਾਂਚ ਅਧਿਕਾਰੀ ਨੂੰ ਸੌਂਪਿਆ ਸੀ।