Jalandhar,15 Aug,(Harpreet Singh Jassowal):- ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ (Himachal Pradesh) ਵਿੱਚ ਹੋਈ ਭਾਰੀ ਬਾਰਸ਼ ਕਾਰਨ ਪੌਂਗ ਡੈਮ `ਚੋਂ ਕੱਲ 1.40 ਲੱਖ ਕਿਊਸਿਕ ਪਾਣੀ ਛੱਡਣ ਤੋਂ ਬਾਅਦ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਜਗਤਪੁਰਾ ਟਾਂਡਾ, ਭੈਣੀ ਪਸਵਾਲ ਦੇ ਉੱਪਰ ਦੇ ਇਲਾਕਿਆਂ ਵਿੱਚ ਬਿਆਸ ਦਰਿਆ ਦੇ ਧੁੱਸੀ ਬੰਨ ਵਿੱਚ ਪਾੜ ਪੈ ਗਿਆ ਹੈ, ਜਿਸ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ (Deputy Commissioner Dr. Himanshu Aggarwal) ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਗਤਪੁਰਾ ਟਾਂਡਾ, ਭੈਣੀ ਪਸਵਾਲ ਦੇ ਉੱਪਰ ਦੇ ਇਲਾਕਿਆਂ ਵਿੱਚ ਬਿਆਸ ਦਰਿਆ ਦੇ ਧੁੱਸੀ ਬੰਨ ਵਿੱਚ ਪਾੜ ਪੈਣ ਕਾਰਨ ਪਿੰਡ ਚੀਚੀਆਂ ਚੋਰੀਆਂ, ਪੱਖੋਵਾਲ, ਦਾਊਵਾਲ, ਖੈਹਿਰਾ, ਦਲੇਰਪੁਰ, ਪਦਾਨਾ, ਛੀਨਾ ਬੇਟ, ਨਡਾਲਾ, ਜਗਤਪੁਰ ਕਲਾਂ, ਕੋਹਲੀਆਂ ਤੇ ਖਰੀਆਨ ਪਿੰਡ ਹੜ੍ਹ ਦੀ ਮਾਰ ਹੇਠ ਆਏ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਤੁਰੰਤ ਸੁਰੱਖਿਅਤ/ਉੱਚੇ ਸਥਾਨਾਂ `ਤੇ ਜਾਣ ਲਈ ਕਿਹਾ ਹੈ।
ਬੀਤੀ ਦੇਰ ਰਾਤ ਤੱਕ ਅੱਜ ਤੜਕੇ ਸਵੇਰ ਤੋਂ ਹੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਪੁਰਾਣਾ ਸ਼ਾਲਾ, ਦਾਓਵਾਲ ਵਿਖੇ ਪੁਹੰਚ ਕੇ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਬਚਾਅ ਤੇ ਰਾਹਤ ਟੀਮਾਂ ਬੀਤੇ ਕੱਲ੍ਹ ਤੋਂ ਹੀ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਇਸੇ ਦੌਰਾਨ ਬੀਤੀ ਰਾਤ ਐਨਡੀਆਰਐਫ (NDRF) ਦੀਆਂ ਟੀਮਾਂ ਵੀ ਪਹੁੰਚ ਚੁੱਕੀਆਂ ਹਨ ਜਿਨ੍ਹਾਂ ਵੱਲੋਂ ਅੱਜ ਸਵੇਰ ਤੋਂ ਹੀ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ।